ਮੇਰਾ ਆਪਣਾ ਪੰਜਾਬ, ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਸਲਾਹਕਾਰ ਦੇ ਅਹੁਦੇ ਨੂੰ ਖਤਮ ਕਰਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ‘ਤੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਇਤਰਾਜ਼ ਪ੍ਰਗਟਾਇਆ ਹੈ। ਉਪਰੋਕਤ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਵਾਂਗ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੂਬੇ ਲਈ ਮੁੱਖ ਸਕੱਤਰ ਦੀ ਨਿਯੁਕਤੀ ਕੀਤੀ ਜਾਂਦੀ ਹੈ। ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਸ ਦਾ ਕੋਈ ਮੁੱਖ ਮੰਤਰੀ ਹੈ। ਫਿਰ ਮੁੱਖ ਸਕੱਤਰ ਦੀ ਨਿਯੁਕਤੀ ਦੀ ਕੀ ਲੋੜ ਸੀ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ‘ਤੇ ਮੁੜ ਵਿਚਾਰ ਕਰਕੇ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਗਰਗ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ। 1966 ਵਿਚ ਹਰਿਆਣਾ ਦੀ ਵੰਡ ਵੇਲੇ ਇਹ ਸਪੱਸ਼ਟ ਕਿਹਾ ਗਿਆ ਸੀ ਕਿ ਚੰਡੀਗੜ੍ਹ ਉਦੋਂ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਰਹੇਗਾ ਜਦੋਂ ਤੱਕ ਹਰਿਆਣਾ ਆਪਣੀ ਨਵੀਂ ਰਾਜਧਾਨੀ ਨਹੀਂ ਬਣਾ ਲੈਂਦਾ, ਜਿਸ ਤੋਂ ਬਾਅਦ ਇਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਹਰਿਆਣਾ ਨੂੰ ਵੀ ਰਾਜਧਾਨੀ ਬਣਾਉਣ ਲਈ 1970 ਵਿੱਚ 10 ਕਰੋੜ ਰੁਪਏ ਦਿੱਤੇ ਗਏ ਸਨ। ਭਾਰਤ ਵਿੱਚ ਕਈ ਸੂਬੇ ਵੰਡੇ ਗਏ ਅਤੇ ਉਨ੍ਹਾਂ ਨੇ ਆਪਣੀਆਂ ਰਾਜਧਾਨੀਆਂ ਬਣਾਈਆਂ ਪਰ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਖਬੀਰ ਬਾਦਲ ਨੇ ਕੇਂਦਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਕੇਂਦਰ ਨਾਲ ਮਿਲੀਭੁਗਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੀ ਰਾਏ ਲਏ ਬਿਨਾਂ ਲਿਆ ਗਿਆ ਹੈ। ਅਜਿਹਾ ਪੰਜਾਬ ਦੇ ਚੰਡੀਗੜ੍ਹ ਦੇ ਅਧਿਕਾਰ ਨੂੰ ਲੁੱਟਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਹ ਫੈਸਲਾ ਵਾਪਸ ਲੈਣਾ ਪਵੇਗਾ। ਸੂਬੇ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।