ਮੇਰਾ ਆਪਣਾ ਪੰਜਾਬ (ਬਿਊਰੋ): ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਪ੍ਰਸ਼ਾਸਨ ਵੱਲੋਂ ਪਸ਼ੂਆਂ ਨੂੰ ਸ਼ਰੇਆਮ ਜਨਤਕ ਥਾਵਾਂ ਅਤੇ ਸੜਕਾਂ ਕਿਨਾਰੇ ਛੱਡਣ ‘ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਹੁਕਮਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਸਨੀਕ ਆਪਣੇ ਪਸ਼ੂਆਂ ਨੂੰ ਸੜਕਾਂ ਅਤੇ ਖੇਤਾਂ ਵਿੱਚ ਖੁੱਲ੍ਹੇਆਮ ਛੱਡ ਦਿੰਦੇ ਹਨ, ਜਿਸ ਨਾਲ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ ਸੜਕ ਹਾਦਸੇ ਹੁੰਦੇ ਹਨ ਅਤੇ ਖੜ੍ਹੀਆਂ ਫਸਲਾਂ ਦਾ ਵੀ ਕਾਫ਼ੀ ਨੁਕਸਾਨ ਹੁੰਦਾ ਹੈ। ਇਸ ਜਨਤਕ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਇਨ੍ਹਾਂ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਡਾ. ਅਗਰਵਾਲ ਵੱਲੋਂ ਇਸ ਤੋਂ ਪਹਿਲਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀ ਵਿਆਪਕ ਪਸ਼ੂ ਪ੍ਰਬੰਧਨ ਯੋਜਨਾ ਤਹਿਤ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਨੂੰ 31 ਅਗਸਤ ਤੱਕ ਗਊਸ਼ਾਲਾਵਾਂ ਵਿੱਚ ਭੇਜਣ ਦੀ ਹਦਾਇਤ ਕੀਤੀ ਜਾ ਚੁੱਕੀ ਹੈ। ਪਸ਼ੂਆਂ ਦੀ ਢੁੱਕਵੀਂ ਸਾਂਭ-ਸੰਭਾਲ ਲਈ ਪ੍ਰਸ਼ਾਸਨ ਵੱਲੋਂ ਇੱਕ ਹੈਲਪਲਾਈਨ ਨੰਬਰ 9646-222-555 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਨਾਗਰਿਕ ਜ਼ਖਮੀ, ਬਿਮਾਰ ਜਾਂ ਬੇਸਹਾਰਾ ਪਸ਼ੂਆਂ ਬਾਰੇ ਸੂਚਨਾ ਦੇ ਸਕਦੇ ਹਨ।