ਮੇਰਾ ਆਪਣਾ ਪੰਜਾਬ (ਬਿਊਰੋ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਰਾਹਤ ਕੇਂਦਰਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿੱਚ ਅਗਾਊਂ ਉਚਿਤ ਬੰਦੋਬਸਤ ਯਕੀਨੀ ਬਣਾਏ ਜਾਣ, ਤਾਂ ਜੋ ਲੋੜ ਪੈਣ ‘ਤੇ ਲੋਕਾਂ ਨੂੰ ਸੁਚਾਰੂ ਢੰਗ ਅਤੇ ਸਮਰਪਣ ਭਾਵਨਾ ਨਾਲ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਉਨ੍ਹਾਂ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 54 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ 8 ਰਾਹਤ ਕੇਂਦਰ ਮੌਜੂਦਾ ਸਮੇਂ ਕਾਰਜਸ਼ੀਲ ਹਨ, ਜਿੱਥੇ ਇਹਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਹੈਲਪ ਲਾਈਨ ਨੰਬਰ 0181-2240064 ਹੈ।
ਡਾ. ਅਗਰਵਾਲ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਬਿਨ੍ਹਾਂ ਕਿਸੇ ਕੰਮ ਤੋਂ ਸਤਲੁਜ ਦੇ ਬੰਨ੍ਹਾਂ ‘ਤੇ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸ.ਡੀ.ਐਮ. ਸ਼ੁਭੀ ਆਂਗਰਾ, ਡੀ.ਐਸ.ਪੀ. ਓਂਕਾਰ ਸਿੰਘ ਬਰਾੜ, ਡੀ.ਆਰ.ਓ ਨਵਦੀਪ ਸਿੰਘ ਭੋਗਲ ਅਤੇ ਨੋਡਲ ਅਫ਼ਸਰ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ ਵੀ ਮੌਜੂਦ ਸਨ।