ਮੇਰਾ ਆਪਣਾ ਪੰਜਾਬ-ਜਲੰਧਰ (ਬਿਊਰੋ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਲੰਧਰ ਪ੍ਰਸ਼ਾਸਨ ਵਲੋਂ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਸਤਲੁਜ ਦਰਿਆ ਤੇ ਵੇਈਂ ਦੇ ਕੰਢਿਆਂ ਨੇੜੇ ਘਰਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਹੜ੍ਹ ਰਾਹਤ ਮਾਪਦੰਡਾਂ ਤਹਿਤ ਨਿਯਮਾਂ ਅਨੁਸਾਰ 30 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਅਤੇ ਮੁਆਵਜਾ ਅਗਲੇ ਕੁਝ ਦਿਨਾਂ ਵਿੱਚ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਲੋਕ ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੰਡੀ ਜਾ ਰਹੀ ਹੈ, ਜਿਸ ਦਾ ਮੰਤਵ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ, ਜਿਨ੍ਹਾਂ ਦੇ ਘਰਾਂ ਨੂੰ ਹਾਲ ਹੀ ਵਿੱਚ ਹੜ੍ਹਾਂ ਕਾਰਨ ਨੁਕਸਾਨ ਪੁੱਜਾ ਹੈ। ਡਾ.ਅਗਰਵਾਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਨਾਗਰਿਕ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਔਖੀ ਘੜੀ ਵਿੱਚ ਕੋਈ ਵੀ ਪ੍ਰਭਾਵਿਤ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ।
ਡਿਪਟੀ ਕਮਿਸ਼ਨਰ ਨੇ ਭਾਰੀ ਬਾਰਿਸ਼ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਕਈ ਹਿੱਸਿਆਂ ਦਾ ਡੂੰਘਾਈ ਨਾਲ ਜਾਇਜ਼ਾ ਲਿਆ । ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਕੋਦਰ ਰੋਡ ਅਤੇ ਖਾਸ ਕਰਕੇ ਸ੍ਰੀ ਗੁਰੂ ਰਵਿਦਾਸ ਚੌਕ ਦੇ ਆਲੇ-ਦੁਆਲੇ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਅਤੇ ਪਾਣੀ ਦੀ ਸੁਚੱਜੀ ਨਿਕਾਸੀ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਬਾਰਿਸ਼ ਪ੍ਰਭਾਵਿਤ ਹੋਰ ਇਲਾਕਿਆਂ ਵਿੱਚ ਵੀ ਟੋਇਆਂ ਦੀ ਮੁਰੰਮਤ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ।
ਇਸ ਤੋਂ ਪਹਿਲਾਂ ਡਾ.ਅਗਰਵਾਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਦਾਨੀ ਸੱਜਣਾਂ ਦਾ ਇਸ ਨੇਕ ਕਾਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਲੋੜ ਵੇਲੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਇਨ੍ਹਾਂ ਸੰਜੀਦਾ ਤੇ ਨੇਕ ਯਤਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।