
ਮੇਰਾ ਆਪਣਾ ਪੰਜਾਬ, ਆਦਮਪੁਰ (ਨੀਰਜ ਸਹੋਤਾ, ਪਵਨ ਲੀਅਰ): ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਹਸਪਤਾਲ ਆਦਮਪੁਰ ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਜਲ ਭੈ ਵਿਖੇ ਐੱਚ.ਆਈ.ਵੀ./ਏਡਸ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਮੈਡੀਕਲ ਅਫਸਰ ਡਾ. ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਸ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਕਰਨਾ ਸੀ।
ਸੈਮੀਨਾਰ ਦੌਰਾਨ, ਆਯੁਰਵੇਦਿਕ ਮੈਡੀਕਲ ਅਫਸਰ, ਡਾ. ਬਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਅਤੇ ਏਡਸ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਾ ਸਿਰਫ ਬਿਮਾਰੀ ਦੇ ਕਾਰਨਾਂ ਅਤੇ ਲੱਛਣਾਂ ਬਾਰੇ ਦੱਸਿਆ, ਸਗੋਂ ਇਸ ਤੋਂ ਬਚਣ ਦੇ ਤਰੀਕਿਆਂ ਅਤੇ ਸਾਵਧਾਨੀਆਂ ‘ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਸ ਗੱਲ ‘ਤੇ ਖਾਸ ਧਿਆਨ ਦਿਵਾਇਆ ਕਿ ਐੱਚ.ਆਈ.ਵੀ./ਏਡਸ ਤੋਂ ਪੀੜਤ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਮਾਜ ਵਿੱਚ ਇਨ੍ਹਾਂ ਪੀੜਤਾਂ ਪ੍ਰਤੀ ਹਮਦਰਦੀ ਅਤੇ ਸਨਮਾਨ ਦਾ ਭਾਵ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ‘ਤੇ, ਸ੍ਰੀ ਵਿਜੇ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਦੇ ਉਪਾਅ ਦੱਸੇ। ਉਨ੍ਹਾਂ ਨੇ ਇਨ੍ਹਾਂ ਬਿਮਾਰੀਆਂ ਦੇ ਫੈਲਣ ਦੇ ਕਾਰਨ ਅਤੇ ਉਨ੍ਹਾਂ ਦੇ ਲੱਛਣਾਂ ਬਾਰੇ ਸਮਝਾਇਆ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਸਫ਼ਲ ਪ੍ਰੋਗਰਾਮ ਵਿੱਚ ਸ੍ਰੀ ਰਜਿੰਦਰ ਦਾਸ, ਸ਼੍ਰੀਮਤੀ ਮਨਦੀਪ ਕੌਰ ਅਤੇ ਸ੍ਰੀ ਅਵਤਾਰ ਕੌਰ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।