
ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੀ ਯਾਤਰਾ ਦੇ ਸੁਚੱਜੇ ਢੰਗ ਨਾਲ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਤਹਿਤ ਇਹ ਯਾਤਰਾ ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚੇਗੀ ਅਤੇ ਇਕ ਦਿਨ ਦਾ ਪੜਾਅ ਕਰਦੇ ਹੋਏ 22 ਨਵੰਬਰ ਨੂੰ ਬੰਗਾ ਲਈ ਰਵਾਨਾ ਹੋਵੇਗੀ।
ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੂਰੀ ਮਰਿਆਦਾ ਨੂੰ ਕਾਇਮ ਰੱਖਦਿਆਂ ਯਾਤਰਾ ਦੇ ਢੁੱਕਵੇਂ ਸਵਾਗਤ ਅਤੇ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਯਾਤਰਾ ਨਾਲ ਆਉਣ ਵਾਲੀ ਸੰਗਤ ਦੇ ਠਹਿਰਣ, ਲੰਗਰ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਜ਼ਰੂਰੀ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।