ਮੇਰਾ ਆਪਣਾ ਪੰਜਾਬ-ਜਲੰਧਰ (ਬਿਊਰੋ): ਜਲੰਧਰ ਦੇ ਪਿੰਡ ਸੰਗੋਵਾਲ ਵਿੱਚ ਬੁੱਧਵਾਰ ਤੜਕੇ ਸ਼ੱਕੀ ਹਾਲਾਤ ‘ਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਹਿਤਪੁਰ ਵਾਸੀ ਰਣਜੀਤ ਸਿੰਘ ਮੱਟੂ ਵਜੋਂ ਹੋਈ ਹੈ ਅਤੇ ਉਹ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਮੱਟੂ ਦਾ ਕਰੀਬ ਪੰਜ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਇੱਕ ਬੱਚੇ ਦਾ ਪਿਤਾ ਸੀ। ਉਹ ਮੰਗਲਵਾਰ ਰਾਤ ਆਪਣੇ ਕਮਰੇ ਵਿੱਚ ਸੁੱਤਾ ਸੀ। ਸਵੇਰੇ ਕਰੀਬ ਸਾਢੇ ਚਾਰ ਵਜੇ ਜਦੋਂ ਉਹ ਡਿਊਟੀ ਜਾਣ ਲਈ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਣਜੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੂੰ ਜਾਂਚ ਦੌਰਾਨ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਅਜੇ ਇਹ ਸਾਹਮਣੇ ਨਹੀਂ ਆਇਆ ਕਿ ਇਸ ਨੋਟ ਵਿੱਚ ਕੀ ਲਿਖਿਆ ਹੋਇਆ ਹੈ।
