
ਮੇਰਾ ਆਪਣਾ ਪੰਜਾਬ (ਅਮਿਤ ਸੱਭਰਵਾਲ,ਨੀਰਜ ਸਹੋਤਾ )ਆਦਮਪੁਰ: ਅੱਜ ਬੀ.ਐੱਡ ਅਧਿਆਪਕ ਫਰੰਟ ਪੰਜਾਬ, ਇਕਾਈ ਜਲੰਧਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਅਧਿਆਪਕਾਂ ਦੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਖ਼ਾਸ ਕਰਕੇ ਪੁਰਾਣੀ ਪੈਨਸ਼ਨ, ਪ੍ਰੋਮੋਸ਼ਨ, ਡੀ.ਏ., ਏ.ਸੀ.ਪੀ. ਸਕੀਮ ਅਤੇ ਹੋਰ ਭੱਤਿਆਂ ਸਬੰਧੀ ਗੰਭੀਰ ਚਰਚਾ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਬਾਵਜੂਦ ਅਜੇ ਤੱਕ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਲਈ ਕੋਈ ਵੀ SOP ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦੀ ਇਸ ਟਾਲਮਟੋਲ ਨੀਤੀ ਕਾਰਨ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਛੇੜਣ ਲਈ ਮਜਬੂਰ ਹੋ ਰਿਹਾ ਹੈ।
ਜ਼ਿਲ੍ਹਾ ਸਕੱਤਰ ਕਮਲਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ.ਟੀ.ਟੀ., ਐਚ.ਟੀ. ਅਤੇ ਸੀ.ਐਚ.ਟੀ. ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਸ਼ਨ ਲਈ ਜਾਰੀ ਕੀਤੀਆਂ ਗਈਆਂ ਲਿਸਟਾਂ ਵਿੱਚ ਪਾਰਦਰਸ਼ਤਾ ਦੀ ਭਾਰੀ ਕਮੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਿਸਟਾਂ ਵਿੱਚ ਸੀਨੀਅਰਤਾ ਨੰਬਰ, ਮੈਰਿਟ ਅੰਕ, ਨਿਯੁਕਤੀ ਦੀ ਮਿਤੀ ਵਰਗੇ ਜ਼ਰੂਰੀ ਤੱਥ ਦਰਸਾਏ ਨਹੀਂ ਗਏ, ਜਿਸ ਕਾਰਨ ਉਨ੍ਹਾਂ ਦੀ ਭਰੋਸੇਯੋਗਤਾ ‘ਤੇ ਸਵਾਲ ਉੱਠ ਰਹੇ ਹਨ ਅਤੇ ਹੁਣ ਇਹਨਾਂ ਪ੍ਰੋਮੋਸ਼ਨਾਂ ‘ਤੇ ਰੋਕ ਲੱਗ ਚੁੱਕੀ ਹੈ। ਇਸ ਦੇ ਨਾਲ ਹੀ PSTET-2 ਪਾਸ ਕਰਨ ਦੀ ਲਾਈ ਗਈ ਸ਼ਰਤ ਨੂੰ ਵੀ ਗ਼ੈਰ-ਜਾਇਜ਼ ਕਰਾਰ ਦਿੰਦਿਆਂ ਇਸਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਗਈ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਇੰਟਰ-ਸੇ-ਸੀਨੀਅਰਤਾ ਸੂਚੀ ਵਿੱਚ ਕਈ ਅਧਿਆਪਕਾਂ ਦੇ ਨਾਮ ਇਤਰਾਜ਼ ਦੇਣ ਬਾਵਜੂਦ ਸ਼ਾਮਲ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਸੀਨੀਅਰਤਾ ਸੂਚੀ ਅਤੇ ਪ੍ਰੋਮੋਸ਼ਨ ਲਿਸਟਾਂ ਨੂੰ ਸੋਧ ਕੇ ਦੁਬਾਰਾ ਜਾਰੀ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਨਾ ਰਹੇ।
ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਡੀ.ਏ. ਦੀਆਂ ਕਿਸ਼ਤਾਂ ਜਾਰੀ ਨਹੀਂ ਕਰ ਰਹੀ ਅਤੇ ਨਾ ਹੀ ਏ.ਸੀ.ਪੀ. ਸਕੀਮ ਲਾਗੂ ਕੀਤੀ ਜਾ ਰਹੀ ਹੈ। ਪੇਂਡੂ ਭੱਤੇ ਸਮੇਤ ਕਈ ਹੋਰ ਭੱਤੇ ਵੀ ਕੱਟੇ ਗਏ ਹਨ ਜੋ ਅਜੇ ਤੱਕ ਬਹਾਲ ਨਹੀਂ ਹੋਏ। ਉਨ੍ਹਾਂ ਮੰਗ ਕੀਤੀ ਕਿ ਡੀ.ਡੀ.ਓ. ਪਾਵਰਾਂ ਦੂਰ ਦਰਾਜ਼ ਬਲਾਕਾਂ ਦੀ ਬਜਾਏ ਨੇੜਲੇ ਜਾਂ ਆਪਣੇ ਬਲਾਕ ਵਿੱਚ ਹੀ ਲਗਾਈਆਂ ਜਾਣ ਅਤੇ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਉਨ੍ਹਾਂ ਦੇ ਪਿੱਤਰੀ ਖੇਤਰਾਂ ਵਿੱਚ ਹੀ ਲਗਾਈਆਂ ਜਾਣ।
ਆਗੂਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮਰਨ ਵਾਲੇ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੀ ਗਈ 10-10 ਲੱਖ ਰੁਪਏ ਦੀ ਰਕਮ ਨੂੰ ਨਾਕਾਫ਼ੀ ਦੱਸਦਿਆਂ ਮੰਗ ਕੀਤੀ ਕਿ ਪਰਿਵਾਰ ਨੂੰ 2-2 ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 18 ਜਨਵਰੀ ਨੂੰ ਜ਼ਿਲ੍ਹਾ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋ ਕੇ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ।
ਮੀਟਿੰਗ ਵਿੱਚ ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ 19 ਫਰਵਰੀ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ ਕਰਮਚਾਰੀ ਵਿਧਾਨ ਸਭਾ ਵੱਲ ਕੂਚ ਕਰਨਗੇ। ਬੀ.ਐੱਡ ਅਧਿਆਪਕ ਫਰੰਟ ਵੱਲੋਂ ਇਸ ਸੰਘਰਸ਼ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ