

ਮੇਰਾ ਆਪਣਾ ਪੰਜਾਬ-ਜਲੰਧਰ-(ਨਵਜੋਤ ਮੱਟੂ): ਕੌਮਾਂਤਰੀ ਮਜ਼ਦੂਰ ਦਿਹਾੜੇ ਦੇ ਮੌਕੇ ‘ਤੇ ਅੱਜ ਬਿਜਲੀ ਘਰ ਨਕੋਦਰ ਵਿਖੇ ਬੇਜ਼ਮੀਨੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਇੱਕ ਵਿਸ਼ਾਲ ਅਤੇ ਸਾਂਝਾ ਇਕੱਠ ਕੀਤਾ ਗਿਆ। ਇਸ ਮੌਕੇ ਸਮੂਹ ਵਰਗਾਂ ਨੇ ਇਕਜੁੱਟ ਹੋ ਕੇ ਸ਼ਿਕਾਗੋ ਦੇ ਅਮਰ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀ ਅਤੇ ਮੌਜੂਦਾ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਤਿੱਖੇ ਅਤੇ ਵਿਸ਼ਾਲ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ।
ਵੱਖ-ਵੱਖ ਜਥੇਬੰਦੀਆਂ ਦਾ ਸਾਂਝਾ ਮੰਚ: ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਜਮਹੂਰੀ ਕਿਸਾਨ ਸਭਾ, ਤਰਕਸ਼ੀਲ ਸੁਸਾਇਟੀ ਪੰਜਾਬ, ਪੈਨਸ਼ਨਰ ਐਸੋਸੀਏਸ਼ਨ, ਐਸ.ਐਸ.ਐਫ. ਪੰਜਾਬ ਅਤੇ ਮਨਰੇਗਾ ਯੂਨੀਅਨ ਪੰਜਾਬ ਆਦਿ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਸ਼ਿਰਕਤ ਕੀਤੀ। ਆਗੂਆਂ ਨੇ ਮਈ ਦਿਹਾੜੇ ਦੀ ਮਹਾਨ ਵਿਰਾਸਤ ‘ਤੇ ਚਾਨਣਾ ਪਾਉਂਦਿਆਂ ਸਪੱਸ਼ਟ ਕੀਤਾ ਕਿ ਲਗਾਤਾਰ ਸੰਘਰਸ਼ ਤੋਂ ਬਿਨਾਂ ਮਜ਼ਦੂਰ ਵਰਗ ਲਈ ਕੁਝ ਵੀ ਹਾਸਲ ਕਰਨਾ ਅਸੰਭਵ ਹੈ।
ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖਾ ਹਮਲਾ: ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਵਿਕਾਸ ਮਾਡਲ ਨੂੰ ਪੂਰੀ ਤਰ੍ਹਾਂ ਵਿਨਾਸ਼ਕਾਰੀ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਕਾਸ ਸਿਰਫ਼ ਵੱਡੇ ਜਾਗੀਰਦਾਰਾਂ ਅਤੇ ਸਰਮਾਏਦਾਰਾਂ ਦੀਆਂ ਜੇਬਾਂ ਭਰਨ ਤੱਕ ਸੀਮਤ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਉਣਾ ਅਤੇ ਨਵੇਂ ਲੇਬਰ ਕੋਡ (Labor Codes) ਲਾਗੂ ਕਰਨਾ ਮਜ਼ਦੂਰ ਦਾ ਗਲਾ ਘੁੱਟਣ ਦੇ ਬਰਾਬਰ ਹੈ।
ਉਨ੍ਹਾਂ ਮਨਰੇਗਾ (MNREGA) ਕਾਨੂੰਨ ਨੂੰ ਖਤਮ ਕਰਕੇ ਮਜ਼ਦੂਰਾਂ ਦੇ ਨਾਮਾਤਰ ਰੁਜ਼ਗਾਰ ‘ਤੇ ਕੁਹਾੜਾ ਚਲਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਉਨ੍ਹਾਂ ਨੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਫੈਕਟਰੀ ਵਰਕਰਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦੀ ਜਾਬਰ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਇਨ੍ਹਾਂ ਘੋਲਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ।
ਇਹ ਆਗੂ ਰਹੇ ਹਾਜ਼ਰ: ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸਾਥੀ ਹਰਮੇਸ਼ ਮਾਲੜੀ, ਦਰਸ਼ਨ ਨਾਹਰ, ਤਰਸੇਮ ਪੀਟਰ, ਮੋਹਨ ਸਿੰਘ ਬੱਲ, ਮਨੋਹਰ ਸਿੰਘ ਗਿੱਲ, ਨਿਰਮਲ ਸਿੰਘ ਜਹਾਂਗੀਰ, ਜਸਵੰਤ ਰਾਏ, ਤੀਰਥ ਸਿੰਘ ਬਾਸੀ, ਚਰਨਜੀਤ ਥੰਮੂਵਾਲ ਅਤੇ ਪ੍ਰਿੰਸੀਪਲ ਮਨਜੀਤ ਸਿੰਘ ਆਦਿ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕੀਤਾ।

