

ਮੇਰਾ ਆਪਣਾ ਪੰਜਾਬ-ਜਲੰਧਰ-(07 ਜੂਨ)-ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ (Voter Mapping) ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ 7 ਜੂਨ (ਐਤਵਾਰ) ਨੂੰ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਕੈਂਪ:
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਐਤਵਾਰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹਿਣਗੇ। ਉਨ੍ਹਾਂ ਨੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼ – BLOs) ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਵੋਟਰਾਂ ਦੀ ਸਹੂਲਤ ਲਈ ਇਸ ਪੂਰੇ ਸਮੇਂ ਦੌਰਾਨ ਆਪਣੇ-ਆਪਣੇ ਬੂਥਾਂ ‘ਤੇ ਹਾਜ਼ਰ ਰਹਿਣ। ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਉੱਚ ਅਧਿਕਾਰੀਆਂ ਵੱਲੋਂ ਇਨ੍ਹਾਂ ਬੂਥ ਪੱਧਰੀ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।
ਵਧੀਆ ਕਾਰਗੁਜ਼ਾਰੀ ਵਾਲੇ ਬੀ.ਐਲ.ਓਜ਼ ਦਾ ਹੋਵੇਗਾ ਸਨਮਾਨ:
ਸ਼੍ਰੀ ਵਾਲੀਆ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਸਭ ਤੋਂ ਵੱਧ ਮੈਪਿੰਗ ਕਰਨ ਵਾਲੇ ਬੀ.ਐਲ.ਓਜ਼ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਦੀ ਇਸ ਅਹਿਮ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ:
ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਆਮ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ‘ਪ੍ਰੀ-ਐਸ.ਆਈ.ਆਰ.’ (Pre-SIR) ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਉਹ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ‘ਤੇ ਜ਼ਰੂਰ ਪਹੁੰਚਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼.) ਨੂੰ ਵੀ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ।
