ਮੇਰਾ ਆਪਣਾ ਪੰਜਾਬ-ਚੰਡੀਗੜ੍ਹ-(17 ਜੁਲਾਈ)-(ਪੱਤਰ ਪ੍ਰੇਰਕ):ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਕੁਝ ਵੀ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ ਅਤੇ ਉਨ੍ਹਾਂ ਦੇ ਪੰਜਾਬ ਦੌਰੇ ਸਿਰਫ਼ ਸਿਆਸੀ ਅਤੇ ਚੋਣ ਲਾਹਾ ਲੈਣ ਤੱਕ ਹੀ ਸੀਮਤ ਹਨ।
ਪ੍ਰਧਾਨ ਮੰਤਰੀ ਦੇ ਮੌਜੂਦਾ ਪੰਜਾਬ ਦੌਰੇ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਕੋਲ ਸੂਬੇ ਨੂੰ ਦੇਣ ਲਈ ਕੁਝ ਵੀ ਨਵਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਆਪਣੇ ਪੁਰਾਣੇ ਵਾਅਦਿਆਂ ਨੂੰ ਹੀ ਦੁਹਰਾ ਰਹੇ ਹਨ।
ਕਾਂਗਰਸ ਪ੍ਰਧਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਕੇਂਦਰ ਨੇ 2017 ਤੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ਦੀ ਨੀਤੀ ‘ਤੇ ਸਵਾਲ ਚੁੱਕਦਿਆਂ ਕਿਹਾ, “ਕੀ ਸੂਬੇ ਨੂੰ ਆਪਣਾ ਵਾਜਬ ਹੱਕ ਤਾਂ ਹੀ ਮਿਲੇਗਾ ਜੇਕਰ ਇੱਥੇ ਭਾਜਪਾ ਦੀ ਸਰਕਾਰ ਬਣੇਗੀ?”