ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ‘ਤੇ 68,228 ਸਰਕਾਰੀ ਨੌਕਰੀਆਂ ਦਿੱਤੀਆਂ: ਡਾ. ਰਾਜ ਕੁਮਾਰ ਚੱਬੇਵਾਲ
ਮੇਰਾ ਆਪਣਾ ਪੰਜਾਬ-ਫਗਵਾੜਾ-(30 ਜੁਲਾਈ)-(ਬਿਊਰੋ): ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਨਵੇਂ ਚੁਣੇ ਗਏ 34 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਸਮਾਜ ਭਲਾਈ ਦੀ ਨੀਂਹ ਹਨ, ਜੋ ਬਾਲ ਸਿਹਤ, ਪੋਸ਼ਣ, ਬਚਪਨ ਦੀ ਸ਼ੁਰੂਆਤੀ ਦੇਖਭਾਲ ਅਤੇ ਸਰਬਪੱਖੀ ਵਿਕਾਸ ਨਾਲ ਸਬੰਧਤ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਫਗਵਾੜਾ ਵਿੱਚ 183 ਆਂਗਣਵਾੜੀ ਸੈਂਟਰ ਹਨ ਅਤੇ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਸਾਰੀਆਂ ਮਨਜ਼ੂਰਸ਼ੁਦਾ ਪੋਸਟਾਂ ਹੁਣ ਭਰ ਦਿੱਤੀਆਂ ਗਈਆਂ ਹਨ।
ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ‘ਤੇ ਭਰੋਸਾ ਪ੍ਰਗਟਾਉਂਦਿਆਂ ਐਮ.ਪੀ. ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣਗੇ, ਜਿਸ ਨਾਲ ਸਮਾਜ ਵਿੱਚ ਸਾਰਥਕ ਯੋਗਦਾਨ ਪਵੇਗਾ ਅਤੇ ਹੇਠਲੇ ਪੱਧਰ ‘ਤੇ ਭਲਾਈ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।
ਪੰਜਾਬ ਸਰਕਾਰ ਦੇ ਰੁਜ਼ਗਾਰ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੇ 2022 ਤੋਂ ਹੁਣ ਤੱਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ‘ਤੇ 68,228 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜੋ ਅਕਸਰ ਆਪਣੇ ਕਾਰਜਕਾਲ ਦੇ ਅੰਤ ਵਿੱਚ ਭਰਤੀ ਮੁਹਿੰਮਾਂ ਸ਼ੁਰੂ ਕਰਦੀਆਂ ਸਨ, ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀਆਂ ਕੀਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਦੇ ਨਤੀਜੇ ਵਜੋਂ ਪੰਜਾਬ ਦੇ ਨੌਜਵਾਨਾਂ ਦਾ ਸਰਕਾਰੀ ਭਰਤੀਆਂ ‘ਚ ਵਿਸ਼ਵਾਸ ਬਹਾਲ ਹੋਇਆ ਹੈ ਅਤੇ ਉਹ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।
ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕ-ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਰਾਮਪਾਲ ਉੱਪਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।