ਜ਼ਿਲ੍ਹਾ ਪ੍ਰਸ਼ਾਸਨ ਸਥਾਨਕ ਉਦਯੋਗਾਂ ਤੋਂ ਇੰਟਰਨਸ਼ਿਪ ਦੀਆਂ ਖਾਲੀ ਅਸਾਮੀਆਂ ਦਾ ਵੇਰਵਾ ਕਰੇਗਾ ਇਕੱਠਾ
ਮੇਰਾ ਆਪਣਾ ਪੰਜਾਬ-ਕਪੂਰਥਲਾ-(30 ਜੁਲਾਈ)-(ਬਿਊਰੋ): ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦੇ ਤੀਜੇ ਗੇੜ ਦੇ ਲਾਗੂਕਰਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਜਾਂ ਇੰਟਰਨਸ਼ਿਪ ਦੇ ਵੱਧ ਤੋਂ ਵੱਧ ਮੌਕੇ ਯਕੀਨੀ ਬਣਾਉਣ ਲਈ ਸਮੂਹ ਵਿਭਾਗਾਂ ਨੂੰ ਇੱਕ ਮੰਚ ‘ਤੇ ਲਿਆਂਦਾ ਗਿਆ ਹੈ। ਇਸ ਕਮੇਟੀ ਵਿੱਚ ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਸਕੂਲ ਸਿੱਖਿਆ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ, ਇਸਤਰੀ ਤੇ ਬਾਲ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਕਾਮਨ ਸਰਵਿਸ ਸੈਂਟਰ ਦੇ ਨੁਮਾਇੰਦੇ ਸ਼ਾਮਲ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਕੀਮ ਦੀ ਸਫਲਤਾਪੂਰਵਕ ਪੂਰਤੀ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨਾਂ ਨੂੰ ਵਧੇਰੇ ਕਿੱਤਾ ਮੁਖੀ ਸਿੱਖਲਾਈ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ, ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਉਪਲਬਧ ਅਸਾਮੀਆਂ ਤੋਂ ਇਲਾਵਾ ਸਥਾਨਕ ਉਦਯੋਗਾਂ ਤੋਂ ਵੀ ਇੰਟਰਨਸ਼ਿਪ ਦੀਆਂ ਖਾਲੀ ਅਸਾਮੀਆਂ ਦਾ ਵੇਰਵਾ ਇਕੱਠਾ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਵਿਦਿਆਰਥੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਅਤੇ ਉਦਯੋਗ-ਮੁਖੀ ਤਜਰਬਾ ਹਾਸਲ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਵਿੱਚ ਵਾਧਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਉਮੀਦਵਾਰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਆਪਣੇ ਘਰਾਂ ਤੋਂ ਹੀ ਅਧਿਕਾਰਤ ਪੋਰਟਲ https://pminternship.mca.gov.in ‘ਤੇ ਰਜਿਸਟ੍ਰੇਸ਼ਨ ਅਤੇ ਅਪਲਾਈ ਕਰ ਸਕਦੇ ਹਨ। ਸਹਾਇਤਾ ਜਾਂ ਹੋਰ ਜਾਣਕਾਰੀ ਲਈ, ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, 5ਵੀਂ ਮੰਜਿਲ, ਨਵਾਂ ਪ੍ਰਸ਼ਾਸਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕਰ ਸਕਦੇ ਹਨ ਜਾਂ ਹੈਲਪਲਾਈਨ ਨੰਬਰ 9888219247 ‘ਤੇ ਸੰਪਰਕ ਕਰ ਸਕਦੇ ਹਨ।