ਬੱਚੇ ਤੇ ਬਜ਼ੁਰਗ ਵੀ ਵਿਸ਼ੇਸ਼ ਤੌਰ `ਤੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਪਾ ਰਹੇ ਹਨ ਯੋਗਦਾਨ
ਮੇਰਾ ਆਪਣਾ ਪੰਜਾਬ-ਅੰਮ੍ਰਿਤਸਰ-(19 ਅਗਸਤ)- (ਬਿਊਰੋ): ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਪੌਦੇ ਲਗਾਉਣ ਦੀ ਇਸ ਮੁਹਿੰਮ ਵਿੱਚ ਬੱਚੇ ਅਤੇ ਬਜ਼ੁਰਗ ਵੀ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਮਿਲ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਇਸ ਗੱਲਤੇ ਤਸੱਲੀ ਜ਼ਾਹਰ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਬੱਚੇ ਅਤੇ ਬਜ਼ੁਰਗ ਵੀ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।
ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।