ਮੇਰਾ ਆਪਣਾ ਪੰਜਾਬ-ਫਿਲੌਰ (ਜਲੰਧਰ)-(19 ਅਗਸਤ)- (ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ‘ਮੇਨ ਸਟ੍ਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸֹ’ ਵਿਸ਼ੇ ’ਤੇ ਤੀਜੇ ਗੇੜ ਦਾ ਲਿੰਗ ਸੰਵੇਦਨਸ਼ੀਲਤਾ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ‘ਮੇਨ ਸਟ੍ਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸֹ’ ਵਿਸ਼ੇ ’ਤੇ ਕਰਵਾਇਆ ਜਾ ਰਿਹਾ ਇਹ ਸੈਮੀਨਾਰ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਵਿੱਚ ਉੱਚ ਅਹੁਦਿਆਂ ’ਤੇ ਮਹਿਲਾਵਾਂ ਦੀ ਮੌਜੂਦਗੀ ਇਹ ਦਰਸਾਉਂਦੀ ਹੈ ਕਿ ਸਿਸਟਮ ਦੇ ਵਿੱਚ ਮਹਿਲਾਵਾਂ ਦਾ ਯੋਗਦਾਨ ਵਧਾਇਆ ਜਾ ਰਿਹਾ ਹੈ ਅਤੇ ਇਸ ਨਾਲ ਲਿੰਗ ਦੇ ਆਧਾਰ ’ਤੇ ਪੱਖਪਾਤ ਸਬੰਧੀ ਸੋਚ ਬਦਲਣ ਵਿੱਚ ਸਹਾਇਤਾ ਮਿਲੀ ਹੈ।
ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਸਿਖ਼ਲਾਈ ਪ੍ਰੋਗਰਾਮ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਵੱਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਇੱਕ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ।
ਮਹਾਰਾਸ਼ਟਰ ਕੇਡਰ ਦੇ ਸਾਬਕਾ ਡੀਜੀਪੀ ਮੀਰਨ ਚੱਢਾ ਬੋਰਵਾਂਕਰ ਅਤੇ ਪੰਜਾਬ ਕੇਡਰ ਦੇ ਸਾਬਕਾ ਡੀਜੀਪੀ ਆਰ. ਸੀ. ਸਿੰਘ ਨੇ ਵੀ ਟ੍ਰੇਨਿੰਗ ਪ੍ਰੋਗਰਾਮ ਦੇ ਮੁੱਖ ਪਹਿਲੂਆਂ ਤੋਂ ਜਾਣੂ ਕਰਵਾਇਆ।