

ਮੇਰਾ ਆਪਣਾ ਪੰਜਾਬ-ਜਲੰਧਰ-(13 ਸਤੰਬਰ)-(ਨਵਜੋਤ ਮੱਟੂ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਸੀਨੀਅਰ ਮੀਤ ਪ੍ਰਧਾਨ ਰਜੇਸ਼ ਥਾਪਾ, ਮੀਤ ਪ੍ਰਧਾਨ ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ ਅਤੇ ਮਨਦੀਪ ਸ਼ਰਮਾ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਜਨਰਲ ਮੈਨੇਜਰ ਜਤਿੰਦਰਪਾਲ ਸਿੰਘ, ਨਵੀਨ ਸ਼ਰਮਾ ਸਮੇਤ ਕਲੱਬ ਦੇ ਹੋਰ ਮੈਂਬਰਾਂ ਨੇ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ।

ਇਸ ਮੌਕੇ ਕਲੱਬ ਪ੍ਰਬੰਧਕਾਂ ਨੇ ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਪ੍ਰੈੱਸ ਕਲੱਬ ਨੂੰ ਦਿੱਤੀ ਗਈ ਵਿੱਤੀ ਸਹਾਇਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਪੱਤਰਕਾਰ ਭਾਈਚਾਰੇ ਅਤੇ ਕਲੱਬ ਲਈ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਪੱਤਰਕਾਰ ਭਾਈਚਾਰੇ ਦੀ ਇੱਕ ਮਹੱਤਵਪੂਰਨ ਸੰਸਥਾ ਹੈ, ਜਿਸ ਵੱਲੋਂ ਪੱਤਰਕਾਰਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਸਬੰਧਤ ਗਤੀਵਿਧੀਆਂ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਪੱਤਰਕਾਰਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ।

ਇਸ ਦੌਰਾਨ ਰਾਣਾ ਗੁਰਜੀਤ ਸਿੰਘ ਨੇ ਕਲੱਬ ਦੀਆਂ ਮੌਜੂਦਾ ਲੋੜਾਂ ਅਤੇ ਮੁਰੰਮਤ ਤੇ ਨਵੀਨੀਕਰਨ ਦੇ ਕੰਮਾਂ ਸਬੰਧੀ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਪੰਜਾਬ ਪ੍ਰੈੱਸ ਕਲੱਬ ਨੂੰ ਹੋਰ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ, ਤਾਂ ਜੋ ਕਲੱਬ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਕਲੱਬ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਕਲੱਬ ਪ੍ਰਬੰਧਕਾਂ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਪ੍ਰਤੀ ਇਸ ਤਰ੍ਹਾਂ ਦਾ ਸਹਿਯੋਗ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਈ ਹੋਵੇਗਾ।
ਇਸ ਮੌਕੇ ਕੁਲਜੀਤ ਸਿੰਘ ਥਿੰਦ, ਦਲੀਪ ਸਲਵਾਨ, ਰਮੇਸ਼ ਗਾਬਾ, ਵਸ਼ਿਸ਼ਟ ਨਰਾਇਣ ਅਤੇ ਸ਼ਾਮ ਸੁੰਦਰ ਸਿੰਗਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

