ਸੰਗਤਾਂ ਦੀ ਸਹੂਲਤ ਲਈ ਸਾਫ-ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਮੇਰਾ ਆਪਣਾ ਪੰਜਾਬ-ਕਪੂਰਥਲਾ-(9 ਅਕਤੂਬਰ)-(ਬਿਊਰੋ): ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਸਬੰਧਤ ਵਿਭਾਗਾਂ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਵਿਆਪਕ ਯੋਜਨਾਬੰਦੀ ਅਤੇ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ, ਟ੍ਰੈਫਿਕ ਪ੍ਰਬੰਧਨ, ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਸਮਾਗਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਅਗਾਊਂ ਮੁਕੰਮਲ ਕੀਤੇ ਜਾਣ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ਹਿਰ ਵਿੱਚ ਲੋੜੀਂਦੀ ਮੁਰੰਮਤ ਦਾ ਕੰਮ ਕਰਵਾਉਣ ਲਈ ਵੀ ਕਿਹਾ, ਖ਼ਾਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਂਦੀਆਂ ਮੁੱਖ ਸੜਕਾਂ ਦੀ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ, ਕਿਉਂਕਿ ਗੁਰਪੁਰਬ ਮੌਕੇ ਇਨ੍ਹਾਂ ਸੜਕਾਂ ’ਤੇ ਸੰਗਤਾਂ ਦੀ ਵੱਡੀ ਆਮਦ ਰਹਿੰਦੀ ਹੈ। ਉਨ੍ਹਾਂ ਸ਼ਹਿਰ ਵਿੱਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਉਣ, ਜਨਤਕ ਪਖਾਨਿਆਂ ਦੀ ਸਫ਼ਾਈ ਕਰਵਾਉਣ ਅਤੇ ਆਰਜ਼ੀ ਪਖਾਨਿਆਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਟਰੀਟ ਲਾਈਟਾਂ ਚਾਲੂ ਹਾਲਤ ਵਿੱਚ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਉਨ੍ਹਾਂ ਦੀ ਸਹੂਲਤ ਲਈ ਰੌਸ਼ਨੀ, ਸਫ਼ਾਈ ਅਤੇ ਹੋਰ ਨਾਗਰਿਕ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਬਹੁਤ ਜ਼ਰੂਰੀ ਹਨ।
ਡਿਪਟੀ ਕਮਿਸ਼ਨਰ ਨੇ ਹਰੇਕ ਵਿਭਾਗ ਨੂੰ ਵਿਸਥਾਰਤ ਯੋਜਨਾ ਤਿਆਰ ਕਰਨ ਅਤੇ ਸੌਂਪੇ ਗਏ ਕੰਮਾਂ ਨੂੰ ਮੁਕੰਮਲ ਕਰਨ ਲਈ ਨਿਰਧਾਰਤ ਸਮਾਂ-ਸੀਮਾਵਾਂ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ਲਈ ਵਿਆਪਕ ਪ੍ਰਬੰਧ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਗੁਰਧਾਮਾਂ ਵਿੱਚ ਸੁਰੱਖਿਅਤ, ਸਾਫ਼-ਸੁਥਰੇ ਅਤੇ ਸੁਵਿਧਾਜਨਕ ਮਾਹੌਲ ਵਿੱਚ ਨਤਮਸਤਕ ਹੋਣ ਦਾ ਮੌਕਾ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਜਸਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜੰਗਰਾਲ, ਈ.ਓ. ਕੰਵਲਜੀਤ ਸਿੰਘ, ਐਸ.ਡੀ.ਓ. ਜਸਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।