
ਮੇਰਾ ਆਪਣਾ ਪੰਜਾਬ-(16 ਅਕਤੂਬਰ)-(ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਅਹਿਮ ਇਕਤਰਤਾ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ‘ਤਨਖ਼ਾਹੀਆ’ ਕਰਾਰ ਦੇ ਦਿੱਤਾ ਗਿਆ ਹੈ। ਇਹ ਫ਼ੈਸਲਾ ਜਥੇਦਾਰ ਸਾਹਿਬਾਨ ਅਤੇ ਪ੍ਰਮੁੱਖ ਸਿੱਖ ਸੰਸਥਾਵਾਂ ਵਿਰੁੱਧ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ਾਂ ਤਹਿਤ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਾਅਦ ਦੁਪਹਿਰ ਹੋਈ ਇਸ ਮੀਟਿੰਗ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸੰਗਤ ਨੂੰ ਸਾਂਝ ਨਾ ਰੱਖਣ ਦੀ ਹਦਾਇਤ :-
ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਾਰੀ ਆਦੇਸ਼ ਵਿੱਚ ਸਿੱਖ ਸੰਗਤ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਰੱਖਣ ਤੋਂ ਗੁਰੇਜ਼ ਕਰੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੇ ਹੋਰ ਵਿਧਾਇਕਾਂ ਨੇ 12 ਅਕਤੂਬਰ ਨੂੰ ਵਾਪਰੀ ਘਟਨਾ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਲਾਏ ਗਏ ਦੋਸ਼ਾਂ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਸੀ।
ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ’ਤੇ ਰੋਕ :-
ਮੀਟਿੰਗ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਉੱਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਗੰਭੀਰ ਦੋਸ਼ ਹਨ। ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਉਨ੍ਹਾਂ ਦੇ ਧਾਰਮਿਕ ਪ੍ਰਚਾਰ ਕਰਨ ਅਤੇ ਕੀਰਤਨ ਕਰਨ ’ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ।
ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮਦਦ ਦੀ ਅਪੀਲ :-
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਆਰਥਿਕ ਅਤੇ ਨੈਤਿਕ ਮਦਦ ਕਰਨ ਲਈ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮੁੱਚੀ ਕੌਮ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਮੀਟਿੰਗ ਵਿੱਚ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।