ਮੇਰਾ ਆਪਣਾ ਪੰਜਾਬ-(19 ਅਕਤੂਬਰ)-(ਬਿਊਰੋ): ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ‘ਤੇ ਸੁਣਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਪਟਿਆਲਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਂਦਿਆਂ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਅਤੇ ਸਜ਼ਾ ਸੁਣਾਈ।
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਸਾਲ 2018 ਨਾਲ ਜੁੜਿਆ ਹੋਇਆ ਹੈ, ਜਦੋਂ ਸਿਮਰਜੀਤ ਸਿੰਘ ਬੈਂਸ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੁਆਰਾ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤੀ ਜਾਂਦੀ ਦਵਾਈਆਂ ਦੀ ਸਪਲਾਈ ਸਬੰਧੀ ਗੰਭੀਰ ਦੋਸ਼ ਲਗਾਏ ਗਏ ਸਨ। ਇਹਨਾਂ ਦੋਸ਼ਾਂ ਤੋਂ ਬਾਅਦ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ‘ਤੇ ਲੰਮੀ ਕਾਨੂੰਨੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।