ਮੇਰਾ ਆਪਣਾ ਪੰਜਾਬ : 31 ਅਕਤੂਬਰ-(ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੇ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਸਨ।
ਮੀਟਿੰਗ ਵਿੱਚ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਸੂਚੀ ’ਤੇ ਚਰਚਾ ਕੀਤੀ ਗਈ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਚੀਮਾ ਵੀਡੀਓ ਕਾਨਫਰੰਸ ਜ਼ਰੀਏ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਟਿੰਗ ਉਪਰੰਤ ਦੱਸਿਆ ਕਿ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਹੋਵੇਗੀ।
ਮੀਟਿੰਗ ਦੇ ਅਹਿਮ ਨੁਕਤੇ:
ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਅਤੇ ਉਮੀਦਵਾਰਾਂ ਬਾਰੇ ਚਰਚਾ ਹੋਈ ਹੈ।
ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਭਲਕੇ ਮੀਟਿੰਗ ਹੋਵੇਗੀ ਜਿਸ ਵਿੱਚ ਸੂਚੀ ਨੂੰ ਅੰਤਿਮ ਰੂਪ ਦੇਣ ਮਗਰੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਬਾਕੀ ਸਿਆਸੀ ਪਾਰਟੀਆਂ ਨਾਲੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨ ਦੇ ਰੌਂਅ ਵਿੱਚ ਹੈ ਅਤੇ ਕਈ ਗੇੜਾਂ ’ਚ ਟਿਕਟਾਂ ਦਾ ਐਲਾਨ ਕਰੇਗੀ। ਸੂਤਰਾਂ ਮੁਤਾਬਕ ਪਾਰਟੀ ਨੇ ਮੀਟਿੰਗ ’ਚ ਕਰੀਬ 15 ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਛੋਹ ਦਿੱਤੀ ਹੈ। ਮੁੱਢਲੀ ਚਰਚਾ ਵਿੱਚ ਦੋ ਵਾਰ ਚੋਣਾਂ ਜਿੱਤਣ ਵਾਲਿਆਂ ’ਤੇ ਫੋਕਸ ਕੀਤਾ ਗਿਆ ਜਿਨ੍ਹਾਂ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਜਾਣਾ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਆਖ਼ਰੀ ਪ੍ਰਕਾਸ਼ਨਾ 4 ਜਨਵਰੀ ਨੂੰ ਕੀਤੀ ਜਾਣੀ ਹੈ। ਮੁੱਖ ਮੰਤਰੀ ਮਾਨ ਕਈ ਵਿਧਾਨ ਸਭਾ ਹਲਕਿਆਂ ’ਚ ਲੋਕ ਮਿਲਣੀ ਪ੍ਰੋਗਰਾਮ ਕਰ ਕੇ ਸੰਭਾਵੀ ਉਮੀਦਵਾਰਾਂ ਬਾਰੇ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ। ਪਾਰਟੀ ਨੇ ਕਈ ਨਵੇਂ ਹਲਕਾ ਇੰਚਾਰਜ ਲਗਾਏ ਹਨ ਜਿਨ੍ਹਾਂ ’ਚੋਂ ਇੱਕ ਦੋ ਨੂੰ ਛੱਡ ਕੇ ਬਾਕੀਆਂ ਦੀ ਟਿਕਟ ਲਗਪਗ ਫਾਈਨਲ ਮੰਨੀ ਜਾ ਰਹੀ ਹੈ। ‘ਆਪ’ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਅਗਾਊਂ ਸਰਵੇਖਣਾਂ ਨੂੰ ਆਧਾਰ ਬਣਾਇਆ ਜਾ ਰਿਹਾ ਹੈ।