ਮੇਰਾ ਆਪਣਾ ਪੰਜਾਬ-ਜਲੰਧਰ -(19 ਅਗਸਤ)- (ਬਿਊਰੋ): ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਡੀ.ਏ.ਵੀ. ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।
ਆਪਣੇ ਸੰਬੋਧਨ ਦੌਰਾਨ ਬਾਗਬਾਨੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ ਹੈ, ਜਿਸ ਵਿੱਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਅਸਮਾਨਤਾ ਨਾ ਹੋਵੇ, ਅਜਿਹਾ ਸਮਾਜ ਜੋ ਬਰਾਬਰੀ, ਨਿਆਂ, ਦਿਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ ਅਤੇ ਉਨ੍ਹਾਂ ਦਾ ਬਰਾਬਰੀ ਵਾਲੇ ਸਮਾਜ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ ਫਰੀਦਪੁਰ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਸੂਬੇ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ।
ਇਸ ਮੌਕੇ ਵਿਸ਼ੇਸ਼ ਬੁਲਾਰਿਆਂ ਵਿੱਚ ਡੇਰਾ ਸੰਤ ਪ੍ਰੀਤਮ ਦਾਸ ਜੀ ਬਾਬੇ ਜੋੜੇ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭੈਣ ਸੰਤੋਸ਼ ਜੀ, ਸੰਤ ਨਿਰਮਲ ਦਾਸ ਜੀ ਤੇ ਸੰਤ ਪ੍ਰਦੀਪ ਦਾਸ ਜੀ, ਡੇਰਾ ਕਠਾਰ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਸ਼ਾਮਲ ਸਨ।