ਮੇਰਾ ਆਪਣਾ ਪੰਜਾਬ (ਪਵਨ ਲੀਅਰ, ਵਰਿੰਦਰ ਕੁਮਾਰ ਆਦਮਪੁਰ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਡਾ. ਬੀ.ਆਰ. ਅੰਬੇਦਕਰ ਯੁਵਕ ਸੇਵਾਵਾਂ ਕਲੱਬ, ਕਡਿਆਣਾ ਨੇ ਸਕੂਲ ਆਫ਼ ਐਮੀਨੈਂਸ, ਆਦਮਪੁਰ ਵਿਖੇ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਜਲੰਧਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ, ਸ੍ਰੀ ਰਵੀ ਪਾਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪੰਜਾਬੀ ਗੀਤਾਂ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਜ਼ਿੰਦਗੀ ਹੀ ਨਹੀਂ, ਬਲਕਿ ਸਮੁੱਚੇ ਸਮਾਜ ਅਤੇ ਦੇਸ਼ ਦੀ ਜਵਾਨੀ ਨੂੰ ਵੀ ਬਰਬਾਦ ਕਰ ਦਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ‘ਤੇ ਲੋਕ ਗਾਇਕ ਦਵਿੰਦਰ ਦਿਆਲਪੁਰੀ, ਲੈਕਚਰਾਰ ਗੁਰਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਜੋਤੀ ਟੰਡਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨਸ਼ਿਆਂ ਦੇ ਨੁਕਸਾਨ ਬਾਰੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ।
ਕਲੱਬ ਦੇ ਪ੍ਰਧਾਨ, ਕਮਲਜੀਤ ਕਡਿਆਣਾ ਨੇ ਸਮੂਹ ਨੌਜਵਾਨਾਂ, ਪੰਚਾਇਤਾਂ, ਧਾਰਮਿਕ ਸੰਸਥਾਵਾਂ ਅਤੇ ਕਲੱਬਾਂ ਨੂੰ ਅੱਗੇ ਆ ਕੇ ਆਪਣੇ-ਆਪਣੇ ਪਿੰਡਾਂ ਨੂੰ ਸਿੰਥੈਟਿਕ ਅਤੇ ਹੋਰ ਖ਼ਤਰਨਾਕ ਨਸ਼ਿਆਂ ਤੋਂ ਮੁਕਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਪੂਰਾ ਹੋ ਸਕਦਾ ਹੈ।