
ਮੇਰਾ ਆਪਣਾ ਪੰਜਾਬ (ਜਲੰਧਰ)-17 ਸਤੰਬਰ-(ਬਿਊਰੋ): ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਲਿਟਰੇਚਰ ਦੀ ਵੀ ਵੰਡ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
