

ਮੇਰਾ ਆਪਣਾ ਪੰਜਾਬ (ਜਲੰਧਰ), 28 ਸਤੰਬਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਦਾ ਅਸਰ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਤੋਂ ਬਾਹਰ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਵੀ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਵੱਲੋਂ ਹਾਈਵੇਅ ਦੇ ਦੋਵੇਂ ਪਾਸੇ ਆਵਾਜਾਈ ਠੱਪ ਕੀਤੇ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਜਲੰਧਰ, ਫਗਵਾੜਾ, ਲੁਧਿਆਣਾ ਅਤੇ ਦਿੱਲੀ ਵੱਲ ਜਾਣ ਵਾਲੇ ਰਾਹਗੀਰ ਘੰਟਿਆਂਬੱਧੀ ਖ਼ੱਜਲ-ਖੁਆਰ ਹੁੰਦੇ ਰਹੇ। ਐਤਵਾਰ ਦਾ ਦਿਨ ਹੋਣ ਕਰਕੇ ਵਿਆਹ ਸਮਾਗਮਾਂ, ਰੋਜ਼ਾਨਾ ਦੇ ਸਫ਼ਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਨਿਕਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਈਵੇਅ ਨਾਲ ਲੱਗਦੇ ਪਿੰਡਾਂ ਵਿੱਚ ਵੀ ਆਵਾਜਾਈ ਪ੍ਰਭਾਵਿਤ ਰਹੀ ਅਤੇ ਲੋਕਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਲੰਘਣਾ ਪਿਆ।
ਪੁਲਿਸ ਵੱਲੋਂ 5 ਨੌਜਵਾਨ ਕਾਬੂ

ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ। 27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕੋਲੋਂ ਇੱਕ ‘ਦਾਤਰ’ ਅਤੇ ਇੱਕ ‘ਵਾਕੀ-ਟਾਕੀ’ ਸੈੱਟ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
10 ਦਿਨਾਂ ਲਈ ਕਲਾਸਾਂ ਮੁਅੱਤਲ, ਕੈਂਪਸ ‘ਚ ਸ਼ਾਂਤੀ
ਦੂਜੇ ਪਾਸੇ, ਸੋਮਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ। ਐੱਸ.ਪੀ. (ਜਾਂਚ) ਹਰਿੰਦਰ ਗਿੱਲ ਨੇ ਦੱਸਿਆ ਕਿ ਬੀਤੀ ਰਾਤ ਤੋਂ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ (ਸਸਪੈਂਡ) ਕੀਤੇ ਜਾਣ ਕਾਰਨ ਵਿਦਿਆਰਥੀ ਬੀਤੀ ਰਾਤ ਤੋਂ ਹੀ ਆਪਣੇ ਘਰਾਂ ਨੂੰ ਪਰਤ ਰਹੇ ਹਨ।

ਐੱਸ.ਪੀ. ਗਿੱਲ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਕੈਂਪਸ ਵਿੱਚ ਕੋਈ ਪ੍ਰਦਰਸ਼ਨ ਨਹੀਂ ਹੋ ਰਿਹਾ। ਸੁਰੱਖਿਆ ਨੂੰ ਮੁੱਖ ਰੱਖਦਿਆਂ ਯੂਨੀਵਰਸਿਟੀ ਦੇ ਸਾਰੇ ਗੇਟਾਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

