

ਮੇਰਾ ਆਪਣਾ ਪੰਜਾਬ (ਜਲੰਧਰ), 30 ਸਤੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਚਾਂਸਲਰ ਡਾ. ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਡਾ. ਮਿੱਤਲ ਨੇ ਇਸ ਪੂਰੀ ਘਟਨਾ ਨੂੰ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਦੱਸਦਿਆਂ ਕਿਹਾ ਕਿ ਇਸ ਨੂੰ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ।
ਡਾ. ਅਸ਼ੋਕ ਮਿੱਤਲ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਵਿੱਚ ਭੰਨਤੋੜ ਅਤੇ ਅੱਗਜ਼ਨੀ ਕਰਨ ਵਾਲਿਆਂ ਵਿੱਚ ਬਾਹਰੀ ਲੋਕ ਸ਼ਾਮਲ ਸਨ। ਉਨ੍ਹਾਂ ਮੁਤਾਬਕ ਕੁਝ ਲੋਕ ਮੂੰਹ ’ਤੇ ਕੱਪੜੇ ਲਪੇਟ ਕੇ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋਏ ਸਨ।

ਚਾਂਸਲਰ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੇ ਮੁਤਾਬਕ ਇਸ ਤਰ੍ਹਾਂ ਦੀ ਘਟਨਾ ਨਾਲ ਪੂਰੇ ਪੰਜਾਬ ਦਾ ਅਕਸ ਪ੍ਰਭਾਵਿਤ ਹੋ ਸਕਦਾ ਹੈ ਅਤੇ ਸੂਬੇ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਖਾਸ ਕਰਕੇ ਪੰਜਾਬ ਵਿੱਚ ਸਿੱਖਿਆ ਲਈ ਆਉਣ ਵਾਲੇ ਬਾਹਰੀ ਸੂਬਿਆਂ ਅਤੇ ਵਿਦੇਸ਼ੀ ਵਿਦਿਆਰਥੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋ ਸਕਦੀ ਹੈ।
ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ

ਡਾ. ਅਸ਼ੋਕ ਮਿੱਤਲ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਇੱਕ ਛੋਟਾ ਮੁੱਦਾ ਹੋ ਸਕਦਾ ਹੈ, ਪਰ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਚਾਂਸਲਰ ਨੇ ਇਹ ਵੀ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਜਲਦ ਹੀ ਪੂਰੇ ਤੱਥਾਂ ਅਤੇ ਸਬੂਤਾਂ ਦੇ ਨਾਲ ਲੋਕਾਂ ਦੇ ਸਾਹਮਣੇ ਆਪਣਾ ਪੱਖ ਰੱਖਣਗੇ ਅਤੇ ਘਟਨਾ ਨਾਲ ਜੁੜੀ ਪੂਰੀ ਜਾਣਕਾਰੀ ਸਾਂਝੀ ਕਰਨਗੇ।
