ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਪੋਸਟ ਮਾਰਟਮ ਅਤੇ ਅੰਤਿਮ ਸੰਸਕਾਰ ਤੋਂ ਇਨਕਾਰ
ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਅਤੇ ਸੀਬੀਆਈ ਜਾਂਚ ਦੀ ਮੰਗ ‘ਤੇ ਅੜੇ ਲੋਕ

ਮੇਰਾ ਆਪਣਾ ਪੰਜਾਬ-(16 ਅਕਤੂਬਰ)-(ਬਿਊਰੋ): ਪੰਜਾਬ ਵਿੱਚ ਨਸ਼ਿਆਂ ਵਿਰੁੱਧ ਅਹਿਮ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ ਹਾਲ ਦੀ ਘੜੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਅਤੇ ਅੰਤਿਮ ਸੰਸਕਾਰ ਕਰਨ ਤੋਂ ਸਾਫ਼ ਨਾਂਹ ਕਰ ਦਿੱਤੀ ਗਈ ਹੈ। ਕਮੇਟੀ ਦਾ ਸਪੱਸ਼ਟ ਕਹਿਣਾ ਹੈ ਕਿ ਜਿੰਨਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਨਹੀਂ ਦਿੰਦੇ ਅਤੇ ਇਸ ਪੂਰੇ ਮਾਮਲੇ ਦੀ ਸੀਬੀਆਈ (CBI) ਜਾਂਚ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਐਲਾਨ
ਇਸ ਦੌਰਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਤਿਕੋਣੀ ਵਿਖੇ ਚੱਲ ਰਹੇ ਧਰਨੇ ਵਿੱਚ ਪਹੁੰਚੇ। ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿੱਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਪਰਵਿੰਦਰ ਸਿੰਘ ਨੇ ਪੰਜਾਬ ਦੀ ਜਵਾਨੀ ਅਤੇ ਹਰ ਘਰ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਵਿੱਢੀ ਸੀ ਅਤੇ ਇਸੇ ਰਾਹ ਵਿੱਚ ਉਨ੍ਹਾਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ।
ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਵੰਗਾਰਦਿਆਂ ਉਨ੍ਹਾਂ ਸਵਾਲ ਕੀਤਾ, “ਕੀ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸਿਰਫ਼ ਥਾਣਾ ਮੁਖੀ (ਐੱਸ.ਐੱਚ.ਓ.) ਨੂੰ ਮੁਅੱਤਲ ਕਰਨਾ ਹੀ ਕਾਫ਼ੀ ਹੈ? ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਸਾਡੀ ਹੋਂਦ ਦੀ ਲੜਾਈ ਹੈ।” ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਵਿਰੁੱਧ ਫ਼ੈਸਲਾਕੁੰਨ ਅਤੇ ਸਖ਼ਤ ਕਦਮ ਚੁੱਕੇ ਜਾਣ।
ਮਾਨਸਾ ਸ਼ਹਿਰ ਵਿੱਚ ਬਜ਼ਾਰ ਖੁੱਲ੍ਹੇ, ਪਰ ਚਹਿਲ-ਪਹਿਲ ਘੱਟ
ਉੱਧਰ, ਲਗਾਤਾਰ ਤਿੰਨ ਦਿਨਾਂ ਤੋਂ ਬੰਦ ਚਲੇ ਆ ਰਹੇ ਮਾਨਸਾ ਸ਼ਹਿਰ ਵਿੱਚ ਅੱਜ ਸੰਘਰਸ਼ ਕਮੇਟੀ ਦੀ ਅਪੀਲ ਤੋਂ ਬਾਅਦ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੋਲ੍ਹ ਦਿੱਤੀਆਂ ਹਨ। ਹਾਲਾਂਕਿ, ਸ਼ਹਿਰ ਵਿੱਚ ਅਜੇ ਵੀ ਆਮ ਦਿਨਾਂ ਦੇ ਮੁਕਾਬਲੇ ਬਾਜ਼ਾਰਾਂ ਵਿੱਚ ਚਹਿਲ-ਪਹਿਲ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ।