
ਮੇਰਾ ਆਪਣਾ ਪੰਜਾਬ-(2 ਨਵੰਬਰ)-(ਬਿਊਰੋ): ਅੰਮ੍ਰਿਤਸਰ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਤੋਂ ਕੁਝ ਹੀ ਸਮੇਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਛੱਡਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਅਸਤੀਫ਼ਾ ਦੇਣ ਤੋਂ ਬਾਅਦ ਆਪਣੇ ਬਿਆਨ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਸਤਿਕਾਰ ਲਈ ਆਪਣੇ ਆਖ਼ਰੀ ਸਾਹ ਤੱਕ ਰਿਣੀ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੇ ਸਹਿਯੋਗ ਨਾਲ ਉਹ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਵਾਇਤੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੀਆਂ ਗੰਭੀਰ ਸਮੱਸਿਆਵਾਂ ਵਿੱਚ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ ਰਹਿਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਬਤੌਰ ਵਿਧਾਇਕ ਜੋ ਜ਼ਿੰਮੇਵਾਰੀ ਇੱਕ ਜਨਪ੍ਰਤੀਨਿਧ ਦੀ ਹੁੰਦੀ ਹੈ, ਉਸ ਦਾ 90 ਫ਼ੀਸਦੀ ਟੀਚਾ ਉਹ ਪੂਰਾ ਕਰ ਚੁੱਕੇ ਹਨ। ਆਪਣੀ ਸਭ ਤੋਂ ਵੱਡੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਦਾ ਖ਼ਾਤਮਾ ਕੀਤਾ ਅਤੇ ਹਮੇਸ਼ਾ ਜਨਤਾ ਨੂੰ ਹੀ ਆਪਣਾ ਪ੍ਰੇਰਨਾ-ਸਰੋਤ ਮੰਨ ਕੇ ਕੰਮ ਕੀਤਾ।
ਵਿਧਾਨ ਸਭਾ ਵਿੱਚ ਆਪਣੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਮੈਂ ਹਮੇਸ਼ਾ ਪੰਜਾਬ ਵਿਧਾਨ ਸਭਾ ਵਿੱਚ ਅੰਮ੍ਰਿਤਸਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ। ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਲੈ ਕੇ ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਵਰਗੇ ਅਹਿਮ ਮੁੱਦੇ ਬੇਬਾਕੀ ਨਾਲ ਚੁੱਕੇ। ਇਹ ਪਹਿਲੀ ਵਾਰ ਹੋਇਆ ਕਿ ਵਿਧਾਨ ਸਭਾ ਵਿੱਚ ਇਲਾਕੇ ਦੇ ਗਲੀ-ਮੁਹੱਲਿਆਂ ਦੇ ਨਾਂ ਲੈ ਕੇ ਸਥਾਨਕ ਮੁੱਦੇ ਉਠਾਏ ਗਏ।”
ਆਪਣੇ ਭਵਿੱਖ ਦੇ ਰਾਜਨੀਤਕ ਸਫ਼ਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਗੇ ਵੀ ਸਾਫ਼-ਸੁਥਰੀ ਰਾਜਨੀਤੀ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ “ਪੰਜਾਬ ਫਸਟ” ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਦਾ ਕੋਈ ਨਿੱਜੀ ਸਵਾਰਥ ਨਹੀਂ ਹੈ।
