ਮੇਰਾ ਆਪਣਾ ਪੰਜਾਬ-(12 ਨਵੰਬਰ)-(ਬਿਊਰੋ): ਆਮ ਆਦਮੀ ਪਾਰਟੀ (‘ਆਪ’) ਵੱਲੋਂ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਕੀਤੇ ਜਾਣ ਦੀ ਪੂਰੀ ਉਮੀਦ ਹੈ। ਉਮੀਦਵਾਰਾਂ ਦੇ ਨਾਵਾਂ ‘ਤੇ ਅੰਤਿਮ ਮੋਹਰ ਲਗਾਉਣ ਲਈ ਅੱਜ ਸ਼ਾਮ ਦਿੱਲੀ ਵਿਖੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅਹਿਮ ਮੀਟਿੰਗ ਸੱਦੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਉਮੀਦਵਾਰਾਂ ਦੀ ਜਿੱਤਣ ਦੀ ਸਮਰੱਥਾ ਅਤੇ ਚੋਣ ਰਣਨੀਤੀ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੂਤਰਾਂ ਅਨੁਸਾਰ, ਦੂਜੀ ਸੂਚੀ ਵਿੱਚ ਕਈ ਕੈਬਨਿਟ ਮੰਤਰੀਆਂ, ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ‘ਆਪ’ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕਾਫ਼ੀ ਪਹਿਲਾਂ ਹੀ ਚੋਣ ਬਿਗਲ ਵਜਾਉਂਦਿਆਂ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਐਲਾਨਿਆ ਗਿਆ ਸੀ।
ਦੂਜੇ ਪਾਸੇ, ਪਹਿਲੀ ਸੂਚੀ ਤੋਂ ਬਾਅਦ ਪਾਰਟੀ ਅੰਦਰ ਸਿਆਸੀ ਹਲਚਲ ਵੀ ਤੇਜ਼ ਹੋਈ ਸੀ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਸਪੀਕਰ ਵੱਲੋਂ ਇਨ੍ਹਾਂ ਦੇ ਅਸਤੀਫ਼ੇ ਪ੍ਰਵਾਨ ਕੀਤੇ ਜਾਣ ਕਾਰਨ ਇਹ ਤਿੰਨੋਂ ਸੀਟਾਂ ਖ਼ਾਲੀ ਹੋ ਗਈਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਦੂਜੀ ਸੂਚੀ ‘ਤੇ ਟਿਕੀਆਂ ਹੋਈਆਂ ਹਨ, ਜਿਸ ਨਾਲ ਇਨ੍ਹਾਂ ਖ਼ਾਲੀ ਹੋਈਆਂ ਸੀਟਾਂ ਅਤੇ ਬਾਕੀ ਹਲਕਿਆਂ ਬਾਰੇ ਸਥਿਤੀ ਹੋਰ ਸਪੱਸ਼ਟ ਹੋ ਜਾਵੇਗੀ।
