ਕਿਹਾ- ਕੌਮੀ ਨੀਤੀ ਤਹਿਤ ਹੋਵੇਗਾ ਮਨਜ਼ੂਰੀ ਦਾ ਫ਼ੈਸਲਾ
ਮੇਰਾ ਆਪਣਾ ਪੰਜਾਬ (14 ਨਵੰਬਰ) (ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਹੌਰ ਵਿੱਚ ਹੋਣ ਵਾਲੀ ‘ਵਰਲਡ ਪੰਜਾਬੀ ਕਾਨਫਰੰਸ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਮਿਲੇ ਸੱਦੇ ‘ਤੇ ਵਿਦੇਸ਼ ਮੰਤਰਾਲੇ ਨੇ ਅਹਿਮ ਪ੍ਰਤੀਕਿਰਿਆ ਦਿੱਤੀ ਹੈ। ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸਾਫ਼ ਕਰ ਦਿੱਤਾ ਕਿ ਵਿਦੇਸ਼ ਦੌਰਿਆਂ ਲਈ ਸਿਆਸੀ ਮਨਜ਼ੂਰੀਆਂ ਦਾ ਫ਼ੈਸਲਾ ਪਾਕਿਸਤਾਨ ਨਾਲ ਸਬੰਧਾਂ ਬਾਰੇ ਭਾਰਤ ਦੀ ਸਮੁੱਚੀ ਕੌਮੀ ਨੀਤੀ ਦੇ ਮੁਤਾਬਕ ਹੀ ਲਿਆ ਜਾਵੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਉਮੀਦ ਕਰਦਾ ਹੈ ਕਿ ਹਰ ਕੋਈ ਵਿਦੇਸ਼ਾਂ ਨਾਲ ਸਬੰਧਾਂ ਬਾਰੇ ਦੇਸ਼ ਦੀ ਕੌਮੀ ਨੀਤੀ ਦੀ ਪਾਲਣਾ ਕਰੇਗਾ। ਉਨ੍ਹਾਂ ਕਿਹਾ, “ਜਿੱਥੇ ਤੱਕ ਵਿਦੇਸ਼ਾਂ ਦਾ ਦੌਰਾ ਕਰਨ ਵਾਲੀਆਂ ਨਾਮਵਰ ਸ਼ਖ਼ਸੀਅਤਾਂ ਲਈ ਸਿਆਸੀ ਮਨਜ਼ੂਰੀਆਂ ਦਾ ਸਵਾਲ ਹੈ, ਇਸ ਮੰਤਰਾਲੇ ਵੱਲੋਂ ਸਾਡੀ ਸਮੁੱਚੀ ਨੀਤੀ ਦੇ ਅਨੁਸਾਰ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਉਸੇ ਹਿਸਾਬ ਨਾਲ ਕਾਰਵਾਈ ਕੀਤੀ ਜਾਂਦੀ ਹੈ।”
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦਾ ਰੁਖ਼ ਸਪੱਸ਼ਟ
ਪਾਕਿਸਤਾਨ ਬਾਰੇ ਭਾਰਤ ਦੀ ਨੀਤੀ ਨੂੰ ਸਪੱਸ਼ਟ ਕਰਨ ਲਈ ਬੁਲਾਰੇ ਨੇ ਅਪਰੈਲ 2024 ਦੇ ਪਹਿਲਗਾਮ ਅਤਿਵਾਦੀ ਹਮਲੇ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ। ਜੈਸਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਪ੍ਰਤੀ ਭਾਰਤ ਦਾ ਜੋ ਰੁਖ਼ ਹੈ, ਉਹ ਸਾਰਿਆਂ ਲਈ ਬਿਲਕੁਲ ਸਾਫ਼ ਹੋਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 27 ਤੋਂ 29 ਨਵੰਬਰ ਤੱਕ ਲਾਹੌਰ ਵਿੱਚ ਹੋਣ ਵਾਲੀ ਅੰਤਰਰਾਸ਼ਟਰੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕਾਂ ਨੂੰ ਵੀ ਕਰਤਾਰਪੁਰ ਸਾਹਿਬ ਅਤੇ ਹੋਰ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੱਦਾ ਦਿੱਤਾ ਹੈ।
ਪਹਿਲਾਂ ਵੀ ਰੱਦ ਹੋ ਚੁੱਕੀ ਹੈ ਸਿਆਸੀ ਮਨਜ਼ੂਰੀ
ਇਸ ਪ੍ਰਸਤਾਵਿਤ ਦੌਰੇ ਕਾਰਨ ਸਿਆਸੀ ਮਨਜ਼ੂਰੀ ਦਾ ਮੁੱਦਾ ਮੁੜ ਭਖ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਵੀ ਵਿਦੇਸ਼ ਮੰਤਰਾਲੇ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਦੇ ਪ੍ਰਸਤਾਵਿਤ ਅਮਰੀਕਾ ਦੌਰੇ ਦੀ ਸਿਆਸੀ ਮਨਜ਼ੂਰੀ ਰੱਦ ਕਰ ਦਿੱਤੀ ਸੀ। ਉਸ ਸਮੇਂ ਮੰਤਰਾਲੇ ਨੇ ਕਿਹਾ ਸੀ ਕਿ ਅਮਰੀਕਾ ਵਿੱਚ ਉਨ੍ਹਾਂ ਦਾ ਪ੍ਰਸਤਾਵਿਤ ਪ੍ਰੋਗਰਾਮ ਉਨ੍ਹਾਂ ਦੇ ਅਹੁਦੇ ਅਤੇ ਦੌਰੇ ਦੇ ਮਕਸਦ ਦੇ ਹਿਸਾਬ ਨਾਲ ਢੁਕਵਾਂ ਨਹੀਂ ਸੀ।