ਮੁੱਖ ਮੰਤਰੀ ਮਾਨ ਅੱਜ ਕਰਨਗੇ ਐਲਾਨ
ਮੇਰਾ ਆਪਣਾ ਪੰਜਾਬ (14 ਨਵੰਬਰ) (ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਮਸ਼ਹੂਰ ਟੀ.ਵੀ. ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ਉੱਤੇ ‘ਪੰਜਾਬ ਦਾ ਕਰੋੜਪਤੀ’ ਨਾਮਕ ਕੁਇਜ਼ ਮੁਕਾਬਲਾ ਸ਼ੁਰੂ ਕਰਨ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਵਿਲੱਖਣ ਮੁਕਾਬਲੇ ਦਾ ਰਸਮੀ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

ਕੌਣ ਲੈ ਸਕਦਾ ਹੈ ਹਿੱਸਾ?
ਪ੍ਰਾਪਤ ਜਾਣਕਾਰੀ ਅਨੁਸਾਰ, ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਸ ਮੁਕਾਬਲੇ ਦੇ ਜੇਤੂ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦਾ ਵੱਡਾ ਨਕਦ ਇਨਾਮ ਦਿੱਤਾ ਜਾਵੇਗਾ।

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ‘ਤੇ ਆਧਾਰਿਤ ਹੋਣਗੇ ਸਵਾਲ
ਇਸ ਪਹਿਲਕਦਮੀ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਹੈ। ਇਸ ਪੂਰੇ ਮੁਕਾਬਲੇ ਦਾ ਢਾਂਚਾ ਅਤੇ ਪੁੱਛੇ ਜਾਣ ਵਾਲੇ ਸਾਰੇ ਸਵਾਲ ਖ਼ਾਸ ਤੌਰ ‘ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਉੱਤੇ ਹੀ ਆਧਾਰਿਤ ਹੋਣਗੇ।