ਮੇਰਾ ਆਪਣਾ ਪੰਜਾਬ (ਹਰਪ੍ਰੀਤ ਸਿੰਘ) : ਸੋਮਵਾਰ ਨੂੰ 28ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਜਗਜੀਤ ਸਿੰਘ ਡੱਲੇਵਾਲ ਦੇ ਸਰੀਰ ਦਾ ਇੰਨਾ ਨੁਕਸਾਨ ਹੋ ਰਿਹਾ ਹੈ ਕਿ ਇਸ ਦੀ ਭਰਪਾਈ ਨਹੀਂ ਹੋ ਸਕੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਦਿਵਸ ਹੈ, ਜਦੋਂ ਸਾਡੇ ਦੇਸ਼ ਵਿੱਚ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਸੀ। ਉਸ ਤੋਂ ਬਾਅਦ ਕਿਸਾਨਾਂ ਨੇ ਦਿਨ-ਰਾਤ ਮਿਹਨਤ ਕਰਕੇ ਦੇਸ਼ ਨੂੰ ਅਨਾਜ ਦੇ ਮਾਮਲੇ ’ਚ ਆਤਮ-ਨਿਰਭਰ ਬਣਾਇਆ ਪਰ ਅੱਜ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਫਿਰ ਵੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਕਿਸਾਨ ਦਿਵਸ ‘ਤੇ ਸਰਕਾਰ ਵੱਲੋਂ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਕੋਈ ਨਹੀਂ ਹੋ ਸਕਦਾ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ “ਪੰਜਾਬ ਬੰਦ” ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿਖੇ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ “ਪੰਜਾਬ ਬੰਦ” ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਅੱਜ ਸਿਰਸਾ ਤੋਂ ਪੈਦਲ ਕਿਸਾਨਾਂ ਦਾ ਇੱਕ ਜਥਾ ਖਨੌਰੀ ਬਾਰਡਰ ਲਈ ਰਵਾਨਾ ਹੋਇਆ ਹੈ। ਜਿਸ ’ਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹਨ। ਅੱਜ ਤੜਕੇ 3 ਵਜੇ ਤੋਂ ਕਿਸਾਨਾਂ ਦੇ ਮੋਰਚੇ ‘ਤੇ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਠੰਡ ਕਾਫੀ ਵੱਧ ਗਈ ਹੈ। ਟਰਾਲੀਆਂ ‘ਚ ਪਾਣੀ ਟਪਕ ਰਿਹਾ ਹੈ ਪਰ ਹੱਸਦਿਆਂ-ਹੱਸਦਿਆਂ ਕਿਸਾਨ ਮਜ਼ਬੂਤ ਖੜ੍ਹੇ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਭਲਕੇ 24 ਦਸੰਬਰ ਨੂੰ ਸ਼ਾਮ 5.30 ਵਜੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ ਅਤੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਅਤੇ ਤਹਿਸੀਲ ’ਚ ਰੋਸ ਧਰਨੇ/ਪ੍ਰਤੀਕ ਭੁੱਖ ਹੜਤਾਲਾਂ ਕੀਤੀਆਂ ਜਾਣਗੀਆਂ। ਅੱਜ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਹੁਦੇਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਉਨ੍ਹਾਂ ਦਾ ਸਮਰਥਨ ਕਰਨ ਆਏ।

By admin

Leave a Reply

Your email address will not be published. Required fields are marked *